ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਪੀ.ਜੀ.ਆਈ. ਵਿੱਚ ਇਲਾਜ ਚੱਲ ਰਿਹਾ ਸੀ। ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਇੱਕ ਹੁਨਰਮੰਦ ਸਿਆਸਤਦਾਨ ਸਨ ਅਤੇ ਵਿਧਾਨ ਸਭਾ ਦੀ 2002-7 ਦੀ ਸਰਕਾਰ ਦੌਰਾਨ ਉਨ੍ਹਾਂ ਨੂੰ ਸਰਵੋਤਮ ਸੰਸਦ ਮੈਂਬਰ ਦਾ ਖਿਤਾਬ ਵੀ ਮਿਲਿਆ ਸੀ।
ਹਾਸਿਲ ਜਾਣਕਾਰੀ ਅਨੁਸਾਰ ਕੋਮਾ ‘ਚ ਪਏ ਬੀਰ ਦਵਿੰਦਰ ਸਿੰਘ ਦੀ ਫੂਡ ਪਾਈਪ ‘ਚ 16 ਜੂਨ ਨੂੰ ਕੈਂਸਰ ਦਾ ਪਤਾ ਲੱਗਿਆ ਸੀ। ਦੱਸਿਆ ਜਾ ਰਿਹਾ ਕਿ ਉਨ੍ਹਾਂ ਦੀ ਸਿਹਤ ਬਹੁਤ ਖ਼ਰਾਬ ਚਲ ਰਹੀ ਸੀ। ਫ਼ੂਡ ਪਾਇਪ ਵਿੱਚ ਦਿਕਤ ਕਰਕੇ ਉਨ੍ਹਾਂ ਕੀਮੋਗ੍ਰਾਫੀ ਕੀਤੀ ਜਾ ਰਹੀ ਸੀ। ਕੀਮੋਗ੍ਰਾਫੀ ਦੇ ਪ੍ਰਕ੍ਰਿਆ ਦੌਰਾਨ ਹੋਏ ਸਾਇਡਅਫੈਕ੍ਟ ਨੂੰ ਮੌਤ ਦਾ ਕਾਰਨ ਦੱਸਿਆ ਜਾ ਰਿਹਾ ਹੈ। ਉਨ੍ਹਾਂ ਅੱਜ ਸਵੇਰੇ 11 ਵਜੇ ਆਖ਼ਰੀ ਸਾਹ ਲਏ ਅਤੇ ਇਸ ਫ਼ਾਨੀ ਸੰਸਾਰ ਨੂੰ ਹਮੇਸ਼ਾਂ ਲਈ ਅਲਵਿਦਾ ਕਹਿ ਗਏ। ਉਨ੍ਹਾਂ ਦਾ ਅੰਤਿਮ ਸਸਕਾਰ ਪਟਿਆਲਾ ਵਿਖੇ ਕੀਤਾ ਜਾਵੇਗਾ। ਇਹ ਵੀ ਦੱਸਿਆ ਜਾ ਰਿਹਾ ਕਿ ਕੈਨੇਡਾ ਤੋਂ ਬੇਟੀਆਂ ਦੇ ਆਉਣ ਤੋਂ ਬਾਅਦ ਹੀ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ।
ਦੱਸ ਦੇਈਏ ਕਿ 2003 ਵਿੱਚ ਬੀਰ ਦਵਿੰਦਰ ਸਿੰਘ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਬਣੇ ਸਨ। ਉਹ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਗਰਮ ਆਗੂ ਵੀ ਰਹੇ ਸਨ ਅਤੇ 1980 ਵਿੱਚ ਉਨ੍ਹਾਂ ਨੇ ਕਾਂਗਰਸ ਦੀ ਟਿਕਟ ‘ਤੇ ਚੋਣ ਲੜੀ ਅਤੇ ਸਿਆਸੀ ਖੇਤਰ ਵਿੱਚ ਸਰਗਰਮ ਭੂਮਿਕਾ ਨਿਭਾਈ। ਸਾਲ 2002 ਵਿੱਚ ਉਹ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਚੁਣੇ ਗਏ ਸਨ। ਆਪਣੀਆਂ ਸਪੀਚਾਂ ਦੌਰਾਨ ਸਰੋਤਿਆਂ ਤੋਂ ਮਿਲਣ ਵਾਲੇ ਚੰਗੇ ਹੁੰਗਾਰੇ ਉਨ੍ਹਾਂ ਦੇ ਵਧੀਆ ਬੁਲਾਰੇ ਹੋਣ ਦਾ ਸਬੂਤ ਦਿੰਦੇ, ਜਿਸ ਦੇ ਅਜੋਕੇ ਸਿਆਸਤਦਾਨ ਵੀ ਕਾਇਲ ਹਨ।
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਢੀਂਡਸਾ ਨੇ ਕਿਹਾ ਕਿ ਬੀਰ ਦਵਿੰਦਰ ਸਿੰਘ ਜ਼ਮੀਨ ਨਾਲ ਜੁੜੇ ਹੋਏ ਸਿਆਸੀ ਆਗੂ ਸਨ, ਜੋ ਪਿਛਲੇ ਲੰਬੇ ਸਮੇਂ ਤੋਂ ਰਾਜਨੀਤੀ ਵਿੱਚ ਸਰਗਰਮ ਰਹਿੰਦਿਆਂ ਸਮਾਜ ਸੇਵਾ ਕਰ ਰਹੇ ਸਨ। ਬੀਰ ਦਵਿੰਦਰ ਸਿੰਘ ਇੱਕ ਸੂਝਵਾਨ ਅਤੇ ਬੁੱਧੀਜੀਵੀ ਇਨਸਾਨ ਸਨ। ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਵੱਖ-ਵੱਖ ਸਿਆਸਤਦਾਨਾਂ ਵੱਲੋਂ ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ “ਪੰਜਾਬ ਦੇ ਸੂਝਵਾਨ ਆਗੂ…ਵਿਧਾਨ ਸਭਾ ਦੇ ਡਿਪਟੀ ਸਪੀਕਰ ਰਹੇ ਸ.ਬੀਰ ਦਵਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਦੁੱਖ ਹੋਇਆ…ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ…ਵਾਹਿਗੁਰੂ ਵਾਹਿਗੁਰੂ”
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ, “ਬਹੁਤ ਹੀ ਕਾਬਿਲ ਬੁਲਾਰੇ ਅਤੇ ਅਨੁਭਵੀ ਤੇ ਚਿੰਤਨਸ਼ੀਲ ਸਖਸ਼ੀਅਤ ਡਿਪਟੀ ਸਪੀਕਰ ਸ. ਬੀਰ ਦਵਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬੇਹੱਦ ਅਫ਼ਸੋਸ ਹੋਇਆ। ਵਾਹਿਗੁਰੂ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਾ ਹਾਂ। ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਸਿਆਸਤਦਾਨ ਪ੍ਰਨੀਤ ਕੌਰ ਨੇ ਕਿਹਾ, “ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਅੱਜ ਦੇਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ।”
ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ, “ਸਾਬਕਾ ਡਿਪਟੀ ਸਪੀਕਰ ਸ. ਬੀਰ ਦਵਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਬਹੁਤ ਹੀ ਦੁਖਦਾਈ ਹੈ। ਉਹਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੇਰੀ ਡੂੰਘੀ ਸੰਵੇਦਨਾ ਹੈ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ