ਲੁਧਿਆਣਾ, 23 ਸਤੰਬਰ🙁ਹਰਮਿੰਦਰ ਸਿੰਘ ਕਿੱਟੀ) ਸੁੰਦਰ ਨਗਰ ਅਤੇ ਕਿਰਪਾਲ ਨਗਰ ਇਲਾਕੇ ਵਿੱਚ 84 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਤੋਂ ਇੱਕ ਦਿਨ ਬਾਅਦ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸ਼ਨੀਵਾਰ ਨੂੰ ਵਾਰਡ ਨੰਬਰ 80 ਦੇ ਗਣੇਸ਼ ਨਗਰ (ਬਾਬਾ ਬਾਲਕ ਨਾਥ ਮੰਦਰ ਨੇੜੇ) ਵਿੱਚ 25 ਐਚ.ਪੀ. ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।
ਇਹ ਟਿਊਬਵੈੱਲ 10.70 ਲੱਖ ਰੁਪਏ ਦੀ ਲਾਗਤ ਨਾਲ ਲਗਾਇਆ ਜਾ ਰਿਹਾ ਹੈ ਅਤੇ ਇਸ ਨਾਲ ਗਣੇਸ਼ ਨਗਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਾਣੀ ਦੀ ਸਪਲਾਈ ਸੁਚਾਰੂ ਹੋ ਜਾਵੇਗੀ।
ਵਿਧਾਇਕ ਪਰਾਸ਼ਰ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੰਮ ਕਰ ਰਹੀ ਹੈ। ਲੁਧਿਆਣਾ ਕੇਂਦਰੀ ਹਲਕੇ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਅਧਿਕਾਰੀਆਂ ਨੂੰ ਕੰਮਾਂ ਦੀ ਗੁਣਵੱਤਾ ’ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।
ਵਿਧਾਇਕ ਪਰਾਸ਼ਰ ਨੇ ਅੱਗੇ ਕਿਹਾ ਕਿ ਜੇਕਰ ਨਿਰਧਾਰਤ ਸਮੇਂ ਵਿੱਚ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਵਿੱਚ ਕੋਈ ਦੇਰੀ ਹੋਈ ਤਾਂ ਸਬੰਧਤ ਠੇਕੇਦਾਰ ਅਤੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਹ ਲਗਾਤਾਰ ਹਲਕੇ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਇਲਾਕਾ ਨਿਵਾਸੀਆਂ ਨਾਲ ਮੀਟਿੰਗਾਂ ਕਰ ਕੇ ਉਨ੍ਹਾਂ ਤੋਂ ਫੀਡਬੈਕ ਲੈ ਰਹੇ ਹਨ। ਵਿਧਾਇਕ ਪਰਾਸ਼ਰ ਨੇ ਕਿਹਾ ਕਿ ਲੁਧਿਆਣਾ ਕੇਂਦਰੀ ਹਲਕੇ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ