ਲੁਧਿਆਣਾ ( ਪ੍ਰਿਤਪਾਲ ਸਿੰਘ ਪਾਲੀ ):-ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਨਿਰੰਤਰ ਕਾਰਜਸ਼ੀਲ ਰਹਿਣ ਵਾਲੀ ਜਵੱਦੀ ਟਕਸਾਲ ਵਿਖੇ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਜੀ ਵਲੋਂ ਸਹਿਯੋਗੀ ਸੰਗਤਾਂ ਦੇ ਸਹਿਯੋਗ ਨਾਲ ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ 555 ਵਾਂ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਦੇ ਭੋਗ ਪਏ, ਉਪਰੰਤ “ਜਵੱਦੀ ਟਕਸਾਲ” ਦੇ ਹੋਣਹਾਰ ਵਿਿਦਆਰਥੀਆਂ ਨੇ ਤੰਤੀ ਸਾਜਾਂ ਨਾਲ ਗੁਰਬਾਣੀ ਸ਼ਬਦ ਕੀਰਤਨ ਕੀਤਾ। ਸਮਾਗਮ ਦੌਰਾਨ ਟਕਸਾਲ ਦੇ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਜੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਸ ਵੇਲੇ ਦੇ ਹਾਲਾਤਾਂ ਅਤੇ ਉਨ੍ਹਾਂ ਵਲੋਂ ਉਚਾਰੀ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਸਮਝਾਉਂਦਿਆਂ ਫ਼ੁਰਮਾਇਆ ਕਿ ਗੁਰੂ ਸਾਹਿਬ ਜੀ ਨੇ ਇੱਕ ਵਿਸ਼ਵ ਵਿਆਪੀ ਤੇ ਕ੍ਰਾਂਤੀਕਾਰੀ ਨਵੀਂ ਵਿਚਾਰਧਾਰਾ ਦਿੱਤੀ। ਗੁਰੂ ਸਾਹਿਬ ਜੀ ਨੇ ਪੂਰਨ ਸੱਚ ਦਾ ਗਿਆਨ ਸੰਸਾਰ ਨੂੰ ਦਿੱਤਾ। ਉਨ੍ਹਾਂ ਦਾ ਗਿਆਨ ਸਮੁੱਚੀ ਮਾਨਵਤਾ ਦੇ ਭਲੇ ਲਈ ਮਹੱਤਵਪੂਰਨ ਅਤੇ ਕੀਮਤੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਜਿੰਨ੍ਹੀ ਉੱਚੀ-ਸੁੱਚੀ ਤੇ ਵਿਸ਼ਾਲ ਹੈ, ਮਨੁੱਖ ਅਜੇ ਵੀ ਇਸ ਪੱਧਰ ਤੱਕ ਨਹੀਂ ਪਹੁੰਚ ਸਕਿਆ। ਅਜੋਕਾ ਮਨੁੱਖ ਪਰਮਾਤਮਾ ਦੇ ਨਿਰਾਕਾਰ ਰੂਪ ਨੂੰ ਨਾ ਤਾਂ ਅਪਣਾ ਸਕਿਆ ਅਤੇ ਨਾ ਹੀ ਵੱਖ ਵਖ ਧਰਮਾਂ ਦੀ ਸੋਚ ਤੋਂ ਉੱਪਰ ਉੱਠ ਸਕਿਆ ਹੈ, ਅਤੇ ਨਾ ਹੀ ਹਿੰਸਾ, ਨਸ਼ੇ ਅਤੇ ਹੋਰ ਬੁਰਾਈਆਂ, ਪ੍ਰਕਿਰਤੀ ਦਾ ਪ੍ਰਦੂਸ਼ਣ ਧਰਤੀ ਉੱਤੇ ਜੀਵਨ ਲਈ ਚਿੰਤਾਜਨਕ ਸਮੱਸਿਆਵਾਂ ਪੈਦਾ ਕਰ ਰਿਹਾ ਹੈ। ਇਸ ਲਈ ਗੁਰੂ ਜੀ ਦੀ ਕ੍ਰਾਂਤੀਕਾਰੀ ਵਿਚਾਰਧਾਰਾ ਨੂੰ ਸੰਸਾਰ ਵਿੱਚ ਅਪਣਾਉਣ ਦੀ ਸਖਤ ਲੋੜ ਹੈ ਤਾਂ ਜੋ ਸਮੁੱਚੀ ਮਨੁੱਖਤਾ ਨੂੰ ਇੱਕੋ ਅਕਾਲ ਪੁਰਖ ਦੇ ਪੁਜਾਰੀ ਅਤੇ ਸਾਂਝੀਵਾਲ ਬਣਾ ਕੇ ਇਸ ਸ੍ਰਿਸ਼ਟੀ ਨੂੰ ਇਕ ਅਜਿਹੇ ਪਰਿਵਾਰ ਦਾ ਰੂਪ ਦਿੱਤਾ ਜਾ ਸਕੇ, ਜਿੱਥੇ ਅਮਲੀ ਤੌਰ ਤੇ ਪਵਨ ਗੁਰੂ ਹੋਵੇ, ਪਾਣੀ ਪਿਤਾ ਅਤੇ ਧਰਤੀ ਮਾਤਾ ਦੀ ਗੋਦ ਵਿੱਚ ਮਨੁੱਖਤਾ ਸੁਖੀ ਵਸਦੀ ਹੋਵੇ। ਬਾਬਾ ਜੀ ਨੇ ਜੋਰ ਦਿੰਦਿਆਂ ਕਿਹਾ ਕਿ ਆਓ! ਸਾਰੇ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਸਮਝ ਕੇ ਗੁਰਮਤਿ ਮਾਰਗ ਦੇ ਪਾਂਧੀ ਬਣ ਆਪਣਾ ਲੋਕ ਪਰਲੋਕ ਸੁਹੇਲਾ ਕਰੀਏ। ਉਪਰੰਤ ਢਾਡੀ ਬਲਬੀਰ ਸਿੰਘ ਦੇ ਸਮੂਹ ਜੱਥੇ ਨੇ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਵੱਡੀ ਗਿਣਤੀ ‘ਚ ਸੰਗਤਾਂ ਜਵੱਦੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦੁਆਰਾ ਗੁਰਗਿਆਨ ਪ੍ਰਕਾਸ਼ ਸਾਹਿਬ ਨਤਮਸਤਕ ਹੋਇਆਂ।ਗੁਰੂ ਕੇ ਲੰਗਰ ਅਤੁੱਟ ਵਰਤੇ, ਟਕਸਾਲ ਦੇ ਵਿਿਦਆਥੀਆਂ ਨੇ ਮਹਾਂਪੁਰਸ਼ਾਂ ਦੀ ਪ੍ਰੇਰਨਾ ਨਾਲ ਨਿਰੰਤਰ ਸੇਵਾਵਾਂ ਨਿਭਾਈਆਂ।